ਵਸਤੂਆਂ ਦੀ ਜਮਾਂ ਖੋਰੀ ਅਤੇ ਕਾਲਾਬਾਜ਼ਾਰੀ ਕਰਦਿਆਂ ਅਗਰ ਕੋਈ ਪਾਇਆ ਗਿਆ ਤਾਂ ਕੀਤੀ ਜਾਵੇਗੀ ਕਾਰਵਾਈ
ਪਠਾਨਕੋਟ 8 ਮਈ( ਜਤਿਨ ਬੱਬਰ ) – ਸ੍ਰੀ ਆਦਿੱਤਿਆ ਉੱਪਲ ਡਿਪਟੀ ਕਮਿਸਨਰ ਪਠਾਨਕੋਟ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮੌਜੂਦਾ ਹਾਲਾਤ ਦੌਰਾਨ ਕੁਝ ਦੁਕਾਨਦਾਰਾਂ ਵੱਲੋਂ ਖਾਣ-ਪੀਣ ਦੀਆਂ ਵਸਤੂਆਂ, ਪੈਟਰੋਲ, ਡੀਜ਼ਲ, ਚਾਰਾ ਅਤੇ ਹੋਰ ਰੋਜ਼ਾਨਾ ਲੋੜਾਂ ਵਾਲੀਆਂ ਜ਼ਰੂਰੀ ਵਸਤੂਆਂ ਦੀ ਜਮਾਂਖੋਰੀ ਕੀਤੀ ਜਾ ਰਹੀ ਹੈ ਜੋ ਕਿ ਗਲਤ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜ਼ਿਲਾ ਫੂਡ ਸਪਲਾਈ ਕੰਟਰੋਲਰ ਅਤੇ ਜ਼ਿਲ੍ਹਾ ਮੰਡੀ ਅਫਸਰ ਨੂੰ ਵੀ ਹਦਾਇਤ ਕੀਤੀ ਗਈ ਹੈ ਕਿ ਉਹ ਜ਼ਿਲ੍ਹੇ ਵਿੱਚ ਕਾਲਾਬਾਜ਼ਾਰੀ, ਜਮ੍ਹਾਂਖੋਰੀ ਅਤੇ ਵਸਤੂਆਂ ਦੀ ਨਕਲੀ ਘਾਟ ਨੂੰ ਰੋਕਣ ਲਈ ਸਖ਼ਤ ਕਾਰਵਾਈ ਅਮਲ ਵਿੱਚ ਲਿਆਉਣ। ਉਹਨਾਂ ਕਿਹਾ ਕਿ ਜ਼ਿਲ੍ਹੇ ਦੇ ਸਾਰੇ ਨਾਗਰਿਕਾਂ, ਖਾਸ ਕਰਕੇ ਸਮਾਜ ਦੇ ਕਮਜ਼ੋਰ ਵਰਗਾਂ ਲਈ ਉਚਿਤ ਕੀਮਤ ਅਤੇ ਜ਼ਰੂਰੀ ਵਸਤੂਆਂ ਤੱਕ ਨਿਰਵਿਘਨ ਪਹੁੰਚ ਬਣਾਈ ਜਾਵੇਗੀ। ਉਹਨਾਂ ਸਪਸ਼ਟ ਕੀਤਾ ਕਿ ਕਿਸੇ ਵੀ ਵਿਅਕਤੀ, ਵਪਾਰੀ ਜਾਂ ਸੰਗਠਨ ਨੂੰ ਅਨਾਜ ਅਤੇ ਸੰਬੰਧਿਤ ਸਮਾਨ, ਚਾਰਾ, ਦੁੱਧ ਅਤੇ ਡੇਅਰੀ ਉਤਪਾਦ, ਪੈਟਰੋਲ, ਡੀਜ਼ਲ ਤੇ ਹੋਰ ਬਾਲਣ ਵਰਗੀਆਂ ਜ਼ਰੂਰੀ ਵਸਤੂਆਂ ਦੀ ਜਮ੍ਹਾਂਖੋਰੀ ਨਹੀਂ ਕਰਨ ਦਿੱਤੀ ਜਾਵੇਗੀ ਅਤੇ ਇਸ ਸਬੰਧੀ ਕੀਤੀ ਗਈ ਉਲੰਘਣਾ ਨੂੰ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਕਰਿਆਨੇ, ਦੁੱਧ, ਅਨਾਜ, ਦਾਲਾਂ ਅਤੇ ਹੋਰ ਖਪਤਕਾਰ ਸਮਾਨ ਸਮੇਤ ਜ਼ਰੂਰੀ ਵਸਤੂਆਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਘਬਰਾਉਣ ਦੀ ਲੋੜ ਨਹੀਂ ਹੈ ਅਤੇ ਨਾ ਹੀ ਵਸਤੂਆਂ ਦੀ ਜਮ੍ਹਾਂਖੋਰੀ ਕਰਨ ਦੀ ਲੋੜ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਪ੍ਰਸ਼ਾਸਨ ਜ਼ਿਲ੍ਹੇ ਭਰ ਵਿੱਚ ਸਪਲਾਈ ਸਥਿਰਤਾ ਬਣਾਈ ਰੱਖਣ ਲਈ ਪੂਰੀ ਤਰ੍ਹਾਂ ਤਿਆਰ ਹੈ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵੀ ਦੁਕਾਨਦਾਰ ਜਾਂ ਵਪਾਰੀ ਨਕਲੀ ਕਮੀ ਜਾਂ ਸ਼ੋਸ਼ਣਕਾਰੀ ਕੀਮਤਾਂ ਵਿੱਚ ਸ਼ਾਮਲ ਪਾਇਆ ਗਿਆ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਵਸਤੂਆਂ ਦੀ ਜਮਾਂ ਖੋਰੀ ਅਤੇ ਕਾਲਾਬਾਜ਼ਾਰੀ ਕਰਦਿਆਂ ਅਗਰ ਕੋਈ ਪਾਇਆ ਗਿਆ ਤਾਂ ਕੀਤੀ ਜਾਵੇਗੀ ਕਾਰਵਾਈ Read More »